ਨਵੀਂ ਦਿੱਲੀ: (SACRILEGE CASES): ਸੁਪਰੀਮ ਕੋਰਟ (Supreme Court of India) ਨੇ ਸ਼ੁੱਕਰਵਾਰ ਨੂੰ ਇੱਕ ਅਹਿਮ ਫ਼ੈਸਲਾ ਲੈਂਦਿਆਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਵਿਰੁੱਧ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਨੂੰ ਹਰੀ ਝੰਡੀ ਦੇ ਦਿੱਤੀ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ (Justices BR Gavai and KV Vishwanathan) ਦੇ ਡਿਵੀਜ਼ਨ ਬੈਂਚ ਨੇ ਇਸ ਕਾਰਵਾਈ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਵੱਲੋਂ ਲਗਾਈ ਗਈ ਰੋਕ ਨੂੰ ਹਟਾ ਦਿੱਤਾ ਹੈ।
ਦੇਸ਼ ਦੀ ਸਰਵਉੱਚ ਅਦਾਲਤ ਨੇ ਇਸ ਦੇ ਨਾਲ ਹੀ ਡੇਰਾ ਮੁਖੀ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਮਾਮਲੇ ਵਿੱਚ ਆਪਣਾ ਪੱਖ ਪੇਸ਼ ਕਰੇ। ਅਦਾਲਤ ਨੇ ਇਹ ਆਦੇਸ਼ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਗਈ ਇੱਕ ਅਪੀਲ 'ਤੇ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ। ਇਸ ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਨਿਰਧਾਰਿਤ ਕੀਤੀ ਗਈ ਹੈ।
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਸੀ ਕਿ ਡੇਰਾ ਮੁਖੀ ਦੇ ਵਿਰੁੱਧ ਫ਼ਰੀਦਕੋਟ ਜ਼ਿਲ੍ਹੇ ਦੇ ਬਾਜਾਖ਼ਾਨਾ ਥਾਣੇ ਵਿੱਚ ਦਰਜ ਕੀਤੇ ਗਏ ਤਿੰਨ ਮਾਮਲਿਆਂ ਦੀ ਕਾਰਵਾਈ 'ਤੇ ਹਾਈ ਕੋਰਟ ਵੱਲੋਂ ਲਗਾਈ ਗਈ ਰੋਕ ਨੂੰ ਹਟਾਇਆ ਜਾਵੇ। ਸੁਪਰੀਮ ਕੋਰਟ ਨੇ ਇਸ ਤੱਥ 'ਤੇ ਵਿਚਾਰ ਕਰਦਿਆਂ ਕਿ ਮਾਮਲਾ ਨਿਆਂਇਕ ਜਾਂਚ ਦੀ ਮੰਗ ਕਰਦਾ ਹੈ, ਇਸ ਸਬੰਧੀ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਇਹ ਵੀ ਧਿਆਨ ਦੇਣ ਯੋਗ ਹੈ ਕਿ ਸੁਪਰੀਮ ਕੋਰਟ ਨੇ ਫਰਵਰੀ 2023 ਵਿੱਚ ਰਾਮ ਰਹੀਮ ਅਤੇ ਉਸ ਦੇ ਅਨੁਯਾਈਆਂ ਦੇ ਵਿਰੁੱਧ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਤੋਂ ਬਦਲ ਕੇ ਚੰਡੀਗੜ੍ਹ ਦੀ ਅਦਾਲਤ ਵਿੱਚ ਕਰਨ ਦੇ ਆਦੇਸ਼ ਦਿੱਤੇ ਸਨ।